ਗੰਨੇ ਦੀਆਂ ਕਾਸ਼ਤਕਾਰੀ ਤਕਨੀਕਾਂ, ਕੀੜੇ-ਮਕੌੜਿਆਂ ਦੀ ਰੋਕਥਾਮ, ਰੋਗ ਪ੍ਰਬੰਧਨ, ਗੰਨੇ ਦੀ ਅੰਤਰ-ਫਸਲੀ ਬਾਰੇ ਦਿੱਤੀ ਜਾਣਕਾਰੀ

ਜਲੰਧਰ, 8 ਫਰਵਰੀ : ਉੱਨਤ ਕ੍ਰਿਸ਼ੀ ਯੋਜਨਾ ਤਹਿਤ ਪਿੰਡ ਮੰਡੀਆਲਾ ਵਿਖੇ ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਗੰਨਾ ਸ਼ਾਖਾ ਵਲੋਂ ਦੋ ਰੋਜ਼ਾ ਕਿਸਾਨ ਟ੍ਰੇਨਿੰਗ ਲਗਾਈ ਗਈ।

ਕੇਨ ਕਮਿਸ਼ਨਰ ਪੰਜਾਬ ਡਾ. ਅਮਰੀਕ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪ੍ਰਾਜੈਕਟ ਅਫ਼ਸਰ ਜਲੰਧਰ ਡਾ. ਮਨਧੀਰ ਸਿੰਘ ਦੀ ਅਗਵਾਈ ਹੇਠ ਲਗਾਏ ਗਏ ਇਸ ਸਿਖ਼ਲਾਈ ਕੈਂਪ ਵਿੱਚ ਸਹਾਇਕ ਗੰਨਾ ਵਿਕਾਸ ਅਫ਼ਸਰ ਜਲੰਧਰ ਡਾ. ਗੁਰਚਰਨ ਸਿੰਘ , ਡਾਇਰੈਕਟਰ ਕੀਟ ਵਿਗਿਆਨੀ ਡਾ. ਯੁਵਰਾਜ ਸਿੰਘ, ਫ਼ਸਲ ਵਿਗਿਆਨੀ ਡਾ. ਜਸ਼ਨਜੋਤ ਕੌਰ , ਗੰਨਾ ਖੋਜ ਕੇਂਦਰ ਕਪੂਰਥਲਾ ਤੋਂ ਡਾ. ਅਨੁਰਾਧਾ, ਪ੍ਰਿੰਸੀਪਲ ਸਾਇੰਸਟਿਸਟ ਪੀ.ਏ. ਯੂ. ਲੁਧਿਆਣਾ ਡਾ. ਮਨਿੰਦਰ ਸਿੰਘ ਨੇ ਗੰਨੇ ਦੀਆਂ ਕਾਸ਼ਤਕਾਰੀ ਤਕਨੀਕਾਂ, ਕੀੜੇ-ਮਕੌੜਿਆਂ ਦੀ ਰੋਕਥਾਮ , ਰੋਗ ਪ੍ਰਬੰਧਨ, ਗੰਨੇ ਦੀ ਅੰਤਰ-ਫਸਲੀ ਅਤੇ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ।

ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਗੁਰਚਰਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਗੰਨੇ ਦੀ ਪ੍ਰਤੀ ਹੈਕਟੇਅਰ ਪੈਦਾਵਾਰ ਵਧਾ ਕੇ ਆਮਦਨ ਵਧਾਉਣ ਲਈ ਪੰਜਾਬ ਵਿੱਚ ਗੰਨੇ ਦੀ ਫ਼ਸਲ ਵਿਚ ਅੰਤਰ ਫ਼ਸਲਾਂ ਹੇਠ ਰਕਬਾ ਵਧਾਉਣ ਲਈ ਪ੍ਰਦਰਸ਼ਨੀ ਪਲਾਟ ਲਗਾਏ ਜਾ ਰਹੇ ਹਨ ਤਾਂ ਜੋ ਗੰਨਾ ਕਾਸ਼ਤਕਾਰਾਂ ਦੀ ਆਰਥਿਕਤਾ ਮਜ਼ਬੂਤ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਕ੍ਰਿਸ਼ੀ ਉੱਨਤੀ ਯੋਜਨਾ ਮਕਸਦ ਫ਼ਸਲ ਉਤਪਾਦਨ, ਤਕਨਾਲੋਜੀ ਅਤੇ ਬੀਜਾਂ ਲਈ ਸਹਾਇਤਾ ਪ੍ਰਦਾਨ ਕਰਕੇ ਅਨਾਜ ਉਤਪਾਦਨ ਨੂੰ ਵਧਾਉਣਾ, ਮਿੱਟੀ ਦੀ ਸਿਹਤ ਨੂੰ ਬਹਾਲ ਕਰਨਾ, ਕਿਸਾਨਾਂ ਦੀ ਆਮਦਨ ਵਿੱਚ ਸੁਧਾਰ ਕਰਨਾ ਅਤੇ ਪੋਸ਼ਣ ਸੁਰੱਖਿਆ ਨੂੰ ਵਧਾਉਣਾ ਹੈ। ਇਸ ਸਕੀਮ ਤਹਿਤ ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਗੰਨਾ ਸ਼ਾਖਾ ਵਲੋਂ ਜਾਗਰੂਕਤਾ ਕੈਂਪ ਅਤੇ ਟ੍ਰੇਨਿੰਗ ਵੀ ਲਗਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਗੰਨਾ ਪੰਜਾਬ ਦੀ ਕਣਕ, ਝੋਨਾ ਅਤੇ ਕਪਾਹ ਤੋਂ ਚੌਥੀ ਅਜਿਹੀ ਨਕਦੀ ਫ਼ਸਲ ਹੈ, ਜੋ ਮੌਸਮ ਦੇ ਬੁਰੇ ਪ੍ਰਭਾਵਾਂ ਨੂੰ ਸਹਿ ਕੇ ਵੀ ਗੰਨਾ ਕਾਸ਼ਤਕਾਰਾਂ ਨੂੰ ਆਮਦਨ ਦੇ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਗੰਨੇ ਦੀ ਪ੍ਰਤੀ ਹੈਕਟੇਅਰ ਉਤਪਾਦਕਤਾ ਵਧਾਉਣ ਲਈ ਬਿਜਾਈ ਦੀ ਚੌੜੀ ਵਿੱਥ ਵਿਧੀ,ਅੰਤਰ ਫ਼ਸਲਾਂ ਅਤੇ ਮਲਚਿੰਗ  ਤਕਨੀਕ ਵਰਤ ਕੇ ਪ੍ਰਦਰਸ਼ਨੀ ਪਲਾਟ ਅਤੇ ਜਾਗਰੂਕਤਾ ਕੈਂਪ ਲਗਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ, ਜਿਸ ਤਹਿਤ ਪੰਜਾਬ ਦੀਆਂ ਵੱਖੋ-ਵੱਖ ਖੰਡ ਮਿਲਾਂ ਦੇ ਅਧਿਕਾਰਤ ਖੇਤਰਾਂ ਵਿਚ ਜਾਗਰੂਕਤਾ ਕੈਂਪ ਅਤੇ ਪ੍ਰਦਰਸ਼ਨੀ ਪਲਾਟ ਲਗਾਏ ਜਾ ਰਹੇ ਹਨ। ਡਾ. ਰਚਨਾ ਗੋਇਲ ਸਾਇੰਨਟਿਸਟ ਕੇ. ਵੀ. ਕੇ. ਨੂਰਮਹਿਲ ਨੇ ਕਿਸਾਨਾਂ ਨੂੰ ਮਿੱਟੀ ਪਰਖ ਕਰਨ ਲਈ ਪ੍ਰੇਰਿਤ ਕੀਤਾ ਅਤੇ ਸੰਤੁਲਿਤ ਖਾਦਾਂ ਦੀ ਵਰਤੋਂ ਕਰਨ ਲਈ  ਕਿਹਾ।

ਪ੍ਰਾਜੈਕਟ ਅਫ਼ਸਰ (ਗੰਨਾਂ) ਜਲੰਧਰ ਪੰਜਾਬ ਡਾ. ਮਨਧੀਰ ਸਿੰਘ ਨੇ ਕਿਹਾ ਕਿ ਪ੍ਰਤੀ ਹੈਕਟੇਅਰ ਗੰਨੇ ਦੀ ਉਤਪਾਦਕਤਾ ਵਧਾਉਣ ਨਾਲ ਗੰਨੇ ਦੀ ਫ਼ਸਲ ਦੀ ਖੇਤੀ ਨੂੰ ਲਾਹੇਵੰਦ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਗੰਨੇ ਦੀ ਪ੍ਰਤੀ ਹੈਕਟੇਅਰ ਪੈਦਾਵਰ ਵਧਾਉਣ ਦੇ ਮਕਸਦ ਲਈ ਗੰਨਾ ਕਾਸ਼ਤਕਾਰਾਂ ਨੂੰ ਚੌੜੀ ਵਿੱਥ ਵਿਧੀ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਸਿਖਲਾਈ ਅਫਸਰ ਡਾ. ਸੁਖਚੈਨ ਸਿੰਘ ਨੇ ਦੱਸਿਆ ਕਿ ਗੰਨੇ ਦੀ ਫ਼ਸਲ ਵਿਚ ਝੋਨੇ ਦੀ ਪਰਾਲੀ ਖਿਲਾਰਨ ਨਾਲ ਜਿੱਥੇ ਵਾਤਾਵਰਣ ਨੂੰ ਪ੍ਰਦੂਸ਼ਣ ਹੋਣ ਤੋਂ ਬਚਾਇਆ ਜਾ ਸਕੇਗਾ , ਉਥੇ ਸਰਦੀ ਅਤੇ ਗਰਮੀ ਤੋਂ ਫ਼ਸਲ ਦਾ ਬਚਾਅ ਹੋਣ ਕਾਰਨ ਪ੍ਰਤੀ ਹੈਕਟੇਅਰ ਪੈਦਾਵਾਰ ਵਿੱਚ ਵੀ ਵਾਧਾ ਹੋ ਸਕੇਗਾ। ਡਾ. ਗੁਰਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਸੁਚੱਜੀ ਮੰਡੀਕਰਣ ਅਤੇ ਖੇਤੀ ਆਧਾਰਿਤ ਸਹਾਇਕ  ਧੰਦੇ ਅਪਨਾਉਣ ਲਈ ਪ੍ਰੇਰਿਤ ਕੀਤਾ।
ਖੇਤੀ ਵਿਸਥਾਰ ਅਫ਼ਸਰ ਨਕੋਦਰ ਮਹਿੰਦਰ ਸਿੰਘ ਨੇ ਦੱਸਿਆ ਕਿ ਪਤਝੜ ਰੁੱਤ ਦੀ ਗੰਨੇ ਦੀ ਫ਼ਸਲ ਤੋਂ ਵਧੇਰੇ ਆਮਦਨ ਲੈਣ ਲਈ ਅੰਤਰ ਫ਼ਸਲਾਂ ਲੈਣੀਆਂ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਅੰਤਰ ਫ਼ਸਲਾਂ ਜਿਵੇਂ ਕਣਕ, ਸਰ੍ਹੋਂ,ਸਬਜ਼ੀਆਂ ਅਤੇ ਦਾਲਾਂ ਦੀ ਕਾਸ਼ਤ ਕਰਕੇ ਘਰੇਲੂ ਅਤੇ ਬਾਜ਼ਾਰ ਦੀਆਂ ਜ਼ਰੂਰਤਾਂ ਨੁੰ ਪੂਰਿਆ ਕੀਤਾ ਜਾ ਸਕਦਾ ਹੈ। ਸੀ.ਸੀ.ਡੀ.ਓ. ਖੰਡ ਮਿੱਲ ਨਕੋਦਰ ਮਨਦੀਪ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮਿਲ ਦੀ ਗੰਨਾ ਪੀੜ੍ਹਨ ਦੀ ਸਮਰੱਥਾ ਵਧਣ ਕਰਕੇ ਗੰਨੇ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ।

Leave a Comment

Your email address will not be published. Required fields are marked *

Scroll to Top