ਡਿਪਟੀ ਕਮਿਸ਼ਨਰ ਨੇ ਕੀਤੀ ਇੰਟਰਨਸ ਦੀ ਹੌਸਲਾ ਅਫਜ਼ਾਈ, ਵਧੀਆ ਕਾਰਗੁਜ਼ਾਰੀ ਵਾਲੇ ਇੰਟਰਨਸ ਨਕਦ ਇਨਾਮ ਤੇ ਸਰਟੀਫਿਕੇਟਾਂ ਨਾਲ ਸਨਮਾਨਿਤ

ਜਲੰਧਰ, 28 ਅਗਸਤ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜ਼ਿਲ੍ਹੇ ਵਿੱਚ ਪਬਲਿਕ-ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ ਤਹਿਤ ਚੱਲ ਰਹੇ ਤੀਜੇ ਬੈਚ ਦੇ ਮੁਕੰਮਲ ਹੋਣ ’ਤੇ ਇੰਟਰਨਸ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੰਟਰਨਸ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਬਲਿਕ-ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ ਤਹਿਤ ਪੰਜਾਬ ਟੈਕਨੀਕਲ ਯੂਨੀਵਰਸਿਟੀ, ਸੀ.ਟੀ. ਗਰੁੱਪ ਆਫ਼ ਕਾਲਜਿਸ, ਡੀ.ਏ.ਵੀ. ਯੂਨੀਵਰਸਿਟੀ, ਡੀ.ਏ.ਵੀ.ਇੰਸੀਟੀਚਿਊਟ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ, ਕੇ.ਐਮ.ਵੀ. ਕਾਲਜ ਅਤੇ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਸਮੇਤ ਵੱਖ-ਵੱਖ ਯੂਨੀਵਰਸਿਟੀਆਂ ਤੇ ਕਾਲਜਾਂ ਦੇ 21 ਵਿਦਿਆਰਥੀਆਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ 2 ਮਹੀਨੇ ਲਈ ਬਤੌਰ ਇੰਟਰਨ ਸ਼ਾਮਲ ਕੀਤਾ ਗਿਆ ਸੀ।
ਡਾ. ਅਗਰਵਾਲ ਨੇ ਦੱਸਿਆ ਕਿ ਇੰਟਰਨਸ਼ਿਪ ਦੌਰਾਨ ਇਨ੍ਹਾਂ ਵਿਦਿਆਰਥੀਆਂ ਨੂੰ ਜਿਥੇ ਸਰਕਾਰੀ ਵਿਭਾਗਾਂ ਦੀ ਕਾਰਜਸ਼ੈਲੀ ਨੂੰ ਨੇੜਿਓਂ ਦੇਖਣ ਅਤੇ ਸਮਝਣ ਦਾ ਮੌਕਾ ਮਿਲਿਆ ਉਥੇ ਇਨ੍ਹਾਂ ਨੂੰ ਵੱਖ-ਵੱਖ ਪ੍ਰਾਜੈਕਟ ਅਲਾਟ ਕੀਤੇ ਗਏ ਸਨ, ਤਾਂ ਜੋ ਇਹ ਵਿਦਿਆਰਥੀ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹੋਰ ਵੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕਰ ਸਕਣ।
ਉਨ੍ਹਾਂ ਦੱਸਿਆ ਕਿ ਇਸ ਇੰਟਰਨਸ਼ਿਪ ਪ੍ਰੋਗਰਾਮ ਤਹਿਤ ਪਹਿਲਾਂ ਵੀ 2 ਬੈਚ ਲਾਏ ਜਾ ਚੁੱਕੇ ਹਨ, ਜਿਸ ਤਹਿਤ ਪਹਿਲੇ ਬੈਚ ਵਿਚ 41 ਅਤੇ ਦੂਜੇ ਬੈਚ ਵਿੱਚ 21 ਵਿਦਿਆਰਥੀਆਂ ਨੇ ਭਾਗ ਲਿਆ ਸੀ। ਉਨ੍ਹਾਂ ਕਿਹਾ ਕਿ ਇੰਟਰਨਸ਼ਿਪ ਪ੍ਰੋਗਰਾਮ ਦਾ ਮੁੱਖ ਮਕਸਦ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੇ ਨਾਲ-ਨਾਲ ਵਿਦਿਆਰਥੀਆਂ ਦੇ ਗਿਆਨ ਦੇ ਪੱਧਰ ਵਿੱਚ ਵਾਧਾ ਕਰਨਾ ਵੀ ਹੈ।
ਇਸ ਦੌਰਾਨ ਇੰਟਰਨਜ਼ ਵੱਲੋਂ ਪੇਸ਼ ਕੀਤੇ ਗਏ ਪ੍ਰਾਜੈਕਟਾਂ ਦਾ ਇੱਕ ਕਮੇਟੀ ਵੱਲੋਂ ਮੁਲਾਂਕਣ ਕੀਤਾ ਗਿਆ ਅਤੇ ਵਧੀਆ ਕਾਰਗੁਜ਼ਾਰੀ ਵਾਲੇ ਇੰਟਰਨਸ ਨੂੰ ਡਿਪਟੀ ਕਮਿਸ਼ਨਰ ਵੱਲੋਂ ਨਕਦ ਇਨਾਮ ਅਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਾਰੇ ਵਿਦਿਆਰਥੀਆਂ ਨੂੰ ਇੰਟਰਨਸ਼ਿਪ ਪ੍ਰੋਗਰਾਮ ਵਿੱਚ ਭਾਗ ਲੈਣ ’ਤੇ ਸਰਟੀਫਿਕੇਟ ਪ੍ਰਦਾਨ ਕੀਤੇ ਗਏ।
ਇੰਟਰਨਸ ਵੱਲੋਂ ਇੰਟਰਨਸ਼ਿਪ ਦੌਰਾਨ ਵੱਖ-ਵੱਖ ਵਿਭਾਗਾਂ ਵਿੱਚ ਹਾਸਲ ਕੀਤੇ ਆਪਣੇ ਤਜ਼ੁਰਬੇ ਵੀ ਸਾਂਝੇ ਕੀਤੇ ਗਏ।
ਇਸ ਮੌਕੇ ਸਹਾਇਕ ਕਮਿਸ਼ਨਰ (ਯੂ.ਟੀ.) ਮੁਕੀਲਨ ਆਰ, ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਬਿਊਰੋ ਨੀਲਮ ਮਹੇ,  ਰੋਜ਼ਗਾਰ ਅਫ਼ਸਰ ਨਰੇਸ਼ ਕੁਮਾਰ ਅਤੇ ਕਰੀਅਰ ਕਾਊਂਸਲਰ ਭਾਰਤੀ ਸ਼ਰਮਾ ਤੋਂ ਇਲਾਵਾ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਬਿਊਰੋ ਦਾ ਸਟਾਫ਼ ਵੀ ਮੌਜੂਦ ਸੀ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top