ਇਹ ਇਤਿਹਾਸਕ ਜਿੱਤ ਸਿਰਫ਼ ਇੱਕ ਰਾਜਨੀਤਿਕ ਪਾਰਟੀ ਦੀ ਜਿੱਤ ਨਹੀਂ, ਸਗੋਂ ਆਮ ਲੋਕਾਂ ਦੀਆਂ ਉਮੀਦਾਂ, ਵਿਸ਼ਵਾਸ ਅਤੇ ਬਦਲਾਅ ਦੀ ਸੋਚ ਦੀ ਜਿੱਤ ਹੈ : ਮੋਹਿੰਦਰ ਭਗਤ

ਜਲੰਧਰ, 29 ਮਈ : ਪੰਜਾਬ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਅਤੇ ਇਤਿਹਾਸਕ ਜਿੱਤ ’ਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਜਿੱਤ ਸਿਰਫ਼ ਇੱਕ ਰਾਜਨੀਤਿਕ ਪਾਰਟੀ ਦੀ ਜਿੱਤ ਨਹੀਂ, ਸਗੋਂ ਆਮ ਲੋਕਾਂ ਦੀਆਂ ਉਮੀਦਾਂ, ਵਿਸ਼ਵਾਸ ਅਤੇ ਬਦਲਾਅ ਦੀ ਸੋਚ ਦੀ ਜਿੱਤ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਹੁਣ ਰਾਜਨੀਤੀ ਜਾਤ-ਪਾਤ, ਧਰਮ ਅਤੇ ਝੂਠੇ ਵਾਅਦਿਆਂ ਦੇ ਆਧਾਰ ’ਤੇ ਨਹੀਂ, ਸਗੋਂ ਸਿੱਖਿਆ, ਸਿਹਤ, ਬਿਜਲੀ, ਪਾਣੀ, ਰੋਜ਼ਗਾਰ ਅਤੇ ਵਿਕਾਸ ਵਰਗੇ ਅਸਲ ਮੁੱਦਿਆਂ ’ਤੇ ਹੋਵੇਗੀ।

ਮੋਹਿੰਦਰ ਭਗਤ ਨੇ ਕਿਹਾ ਕਿ ਲੋਕਾਂ ਨੇ ਆਪਣੇ ਵੋਟ ਰਾਹੀਂ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਇਮਾਨਦਾਰ ਅਤੇ ਕੰਮ ਕਰਨ ਵਾਲੀ ਰਾਜਨੀਤੀ ਨੂੰ ਹੀ ਸਮਰਥਨ ਮਿਲੇਗਾ। ਇਹ ਜਿੱਤ ਉਹਨਾਂ ਲੱਖਾਂ ਵਰਕਰਾਂ ਦੀ ਮਿਹਨਤ ਦਾ ਨਤੀਜਾ ਹੈ, ਜਿਨ੍ਹਾਂ ਨੇ ਦਿਨ-ਰਾਤ ਲੋਕਾਂ ਵਿਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਿਆ ਅਤੇ ਉਨ੍ਹਾਂ ਦੇ ਹੱਲ ਲਈ ਸੰਘਰਸ਼ ਕੀਤਾ।

ਉਨ੍ਹਾਂ ਕਿਹਾ ਕਿ ਅਸੀਂ ਉਹਨਾਂ ਸਾਰੇ ਵੋਟਰਾਂ ਦਾ ਦਿਲੋਂ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ’ਤੇ ਭਰੋਸਾ ਜਤਾਇਆ। ਇਹ ਭਰੋਸਾ ਸਾਡੇ ਲਈ ਇੱਕ ਵੱਡੀ ਜ਼ਿੰਮੇਵਾਰੀ ਵੀ ਹੈ। ਅਸੀਂ ਵਾਅਦਾ ਕਰਦੇ ਹਾਂ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੱਧ ਪਾਰਦਰਸ਼ਤਾ, ਇਮਾਨਦਾਰੀ ਅਤੇ ਸਮਰਪਣ ਨਾਲ ਲੋਕਾਂ ਦੀ ਸੇਵਾ ਕਰਾਂਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਜਿੱਤ ਲੋਕਤੰਤਰ ਦੀ ਤਾਕਤ ਅਤੇ ਆਮ ਆਦਮੀ ਦੀ ਆਵਾਜ਼ ਦੀ ਜਿੱਤ ਹੈ। ਹੁਣ ਸਾਡਾ ਮਕਸਦ ਸਿਰਫ਼ ਸੱਤਾ ਹਾਸਲ ਕਰਨਾ ਨਹੀਂ, ਸਗੋਂ ਹਰ ਨਾਗਰਿਕ ਦੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਲਿਆਉਣਾ ਹੈ। ਲੋਕਾਂ ਦਾ ਇਹ ਪਿਆਰ ਅਤੇ ਸਮਰਥਨ ਸਾਨੂੰ ਹੋਰ ਵੱਧ ਮਿਹਨਤ ਕਰਨ ਅਤੇ ਪੰਜਾਬ ਦੀ ਤਰੱਕੀ ਲਈ ਨਿਰੰਤਰ ਕੰਮ ਕਰਨ ਦੀ ਪ੍ਰੇਰਣਾ ਦਿੰਦਾ ਰਹੇਗਾ।

Leave a Comment

Your email address will not be published. Required fields are marked *

Scroll to Top