ਪਾਰਟੀ ਆਗੂਆਂ ਨੇ ਕਾਨੂੰਨ-ਵਿਵਸਥਾ ਅਤੇ ਆਰਥਿਕਤਾ ਪੱਖੋਂ ਅਸਫਲਤਾ ਲਈ ਆਪ ਸਰਕਾਰ ਨੂੰ ਘੇਰਿਆ

ਚੰਡੀਗੜ੍ਹ, 6 ਮਾਰਚ: ਪੰਜਾਬ ਭਰ ਤੋਂ ਆਏ ਹਜ਼ਾਰਾਂ ਕਾਂਗਰਸੀ ਵਰਕਰਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਵਿਰੋਧ ਵਿੱਚ ਵੱਡਾ ਰੋਸ ਪ੍ਰਦਰਸ਼ਨ ਕੀਤਾ।

ਪਾਰਟੀ ਨੇ ਖ਼ਾਸ ਤੌਰ ‘ਤੇ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦੇ ਵਾਅਦੇ ਦਾ ਜ਼ਿਕਰ ਕਰਦੇ ਹੋਏ, ਕਿਹਾ ਕਿ ਇਹ ਵਾਅਦਾ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ ਹੈ ਅਤੇ ਸਰਕਾਰ ਨੂੰ ਚਾਰ ਸਾਲਾਂ ਦੇ ਬਕਾਏ ਸਮੇਤ ਇਹ ਰਕਮ ਅਦਾ ਕਰਨੀ ਚਾਹੀਦੀ ਹੈ।

ਪਾਰਟੀ ਆਗੂਆਂ ਨੇ ਸੂਬੇ ਅੰਦਰ ਕਾਨੂੰਨ-ਵਿਵਸਥਾ ਅਤੇ ਆਰਥਿਕ ਹਾਲਾਤਾਂ ਦੇ ਵਿਗੜਨ ਨੂੰ ਲੈ ਕੇ ਵੀ ਸਰਕਾਰ ਨੂੰ ਘੇਰਿਆ।

ਜਿਕਰਯੋਗ ਹੈ ਕਿ ਕਾਂਗਰਸ ਨੇ ਬਜਟ ਸੈਸ਼ਨ ਦੇ ਪਹਿਲੇ ਦਿਨ ਪੰਜਾਬ ਵਿਧਾਨ ਸਭਾ ਦਾ ‘ਘੇਰਾਓ’ ਕਰਨ ਦੀ ਯੋਜਨਾ ਬਣਾਈ ਸੀ। ਇਸ ਲਈ ਵਰਕਰ ਪਹਿਲਾਂ ਹੀ ਕਾਂਗਰਸ ਭਵਨ ਦੇ ਬਾਹਰ ਇਕੱਠੇ ਹੋਏ ਅਤੇ ਉਥੋਂ ਵਿਧਾਨ ਸਭਾ ਵੱਲ ਮਾਰਚ ਕਰਨ ਲੱਗੇ।

ਹਾਲਾਂਕਿ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ ਅਤੇ ਕਈ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਦੌਰਾਨ ਵਿਧਾਨ ਸਭਾ ਦੇ ਆਲੇ-ਦੁਆਲੇ ਭਾਰੀ ਪੁਲਿਸ ਬੰਦੋਬਸਤ ਕੀਤਾ ਗਿਆ ਸੀ, ਤਾਂ ਜੋ ਪ੍ਰਦਰਸ਼ਨਕਾਰੀ ਉੱਥੇ ਤੱਕ ਨਾ ਪਹੁੰਚ ਸਕਣ।

ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮੌਜੂਦਾ ਸਰਕਾਰ ਅਤੇ ਮੁੱਖ ਮੰਤਰੀ ਪੂਰੀ ਤਰ੍ਹਾਂ ਨਾਕਾਮ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਿਰ ਕਰਜ਼ਾ 4 ਲੱਖ ਕਰੋੜ ਰੁਪਏ ਤੋਂ ਪਾਰ ਹੋ ਚੁੱਕਾ ਹੈ ਅਤੇ ਜਲਦ ਹੀ 4.17 ਲੱਖ ਕਰੋੜ ਤੱਕ ਪਹੁੰਚ ਸਕਦਾ ਹੈ।

ਉਨ੍ਹਾਂ ਨੇ ਦੋਸ਼ ਲਗਾਇਆ ਕਿ ਪੰਜਾਬ ਵਿੱਚ ਕੋਈ ਵੱਡਾ ਵਿਕਾਸ ਨਹੀਂ ਹੋਇਆ ਹੈ, ਜਦਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਪੈਸੇ ਦਿੱਲੀ, ਗੁਜਰਾਤ ਅਤੇ ਗੋਆ ਵਿੱਚ ਚੋਣਾਂ ਲੜਨ ਲਈ ਖਰਚ ਕਰ ਦਿੱਤੇ। ਉਨ੍ਹਾਂ ਕਿਹਾ ਕਿ ਢਾਂਚਾਗਤ ਵਿਕਾਸ ਲਈ ਇਕ ਇੱਟ ਵੀ ਨਹੀਂ ਲਗਾਈ ਗਈ ਹੈ। ਇਸ ਦੌਰਾਨ ਹਜ਼ਾਰਾਂ ਕਰੋੜਾਂ ਰੁਪਏ ਸਿਰਫ਼ ਇਸ਼ਤਿਹਾਰਾਂ ‘ਤੇ ਖਰਚ ਕੀਤੇ ਗਏ ਹਨ।

ਸੂਬਾ ਕਾਂਗਰਸ ਪ੍ਰਧਾਨ ਨੇ ਸਰਕਾਰ ਨੂੰ ਮਹਿਲਾਵਾਂ ਲਈ 1000 ਰੁਪਏ ਮਹੀਨਾ, ਕਰਮਚਾਰੀਆਂ ਲਈ ਪੁਰਾਣੀ ਪੈਨਸ਼ਨ ਸਕੀਮ, ਬਕਾਇਆ ਡੀਏ ਅਤੇ ਰੇਤ ਦੀ ਮਾਈਨਿੰਗ ਤੋਂ 20,000 ਕਰੋੜ ਰੁਪਏ ਦੀ ਆਮਦਨ ਦੇ ਦਾਅਵਿਆਂ ਦੀ ਵੀ ਯਾਦ ਦਵਾਈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਲੋਕ ਆਪ ਸਰਕਾਰ ਦੇ ਚਾਰ ਸਾਲ ਹੋਣ ਤੇ ਇਨ੍ਹਾਂ ਪਾਸੋਂ ਜਵਾਬ ਮੰਗ ਰਹੇ ਹਨ।

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸੂਬੇ ਅੰਦਰ ਕਾਨੂੰਨ-ਵਿਵਸਥਾ ਦੀ ਸਥਿਤੀ ਬੇਹੱਦ ਖਰਾਬ ਹੋ ਚੁੱਕੀ ਹੈ। ਗੈਂਗਸਟਰ ਅਤੇ ਅਪਰਾਧੀ ਬਿਨਾ ਡਰ ਦੇ ਹੱਤਿਆਵਾਂ ਕਰ ਰਹੇ ਹਨ ਅਤੇ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ ਅਤੇ ਸਰਕਾਰ ਲੋਕਾਂ ਦੀਆਂ ਜਾਨਾਂ ਦੀ ਰਾਖੀ ਕਰਨ ਵਿੱਚ ਨਾਕਾਮ ਰਹੀ ਹੈ।

ਪੱਤਰਕਾਰਾਂ ਨਾਲ ਇੱਕ ਗੈਰ ਰਸਮੀ ਗੱਲਬਾਤ ਦੌਰਾਨ ਵੜਿੰਗ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਢਹਿ ਚੁੱਕੇ ਹਨ, ਬੰਬ ਸੁੱਟੇ ਜਾ ਰਹੇ ਹਨ, ਬਾਬਾ ਸਾਹਿਬ ਦੇ ਬੁੱਤ ਨੂੰ ਨੁਕਸਾਨ ਪਹੁੰਚਾਇਆ ਗਿਆ ਅਤੇ ਨਸ਼ੇ ਦੀ ਸਮੱਸਿਆ ਵੀ ਵੱਡਾ ਮੁੱਦਾ ਬਣੀ ਹੋਈ ਹੈ। ਅਸੀਂ ਇਨ੍ਹਾਂ ਸਾਰਿਆਂ ਵਿਸ਼ਿਆਂ ਉੱਪਰ ਪ੍ਰਦਰਸ਼ਨ ਕਰ ਰਹੇ ਹਾਂ।

ਉਨ੍ਹਾਂ ਨੇ ਆਮ ਆਦਮੀ ਪਾਰਟੀ ਅਤੇ ਭਾਜਪਾ ਵਿਚਕਾਰ ਕੋਈ ਗੁਪਤ ਸਮਝੌਤਾ ਹੋਣ ਦਾ ਦੋਸ਼ ਲਗਾਇਆ, ਤਾਂ ਜੋ ਕਾਂਗਰਸ ਨੂੰ ਦੁਬਾਰਾ ਸੱਤਾ ਵਿੱਚ ਆਉਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕੇਜਰੀਵਾਲ ਅਤੇ ਭਾਜਪਾ ਵਿਚਾਲੇ ਗੁਪਤ ਸਮਝੋਤਾ ਹੋ ਚੁੱਕਾ ਹੈ।

ਇਸ ਦੌਰਾਨ ਪਾਰਟੀ ਵਰਕਰਾਂ ਦਾ ਧੰਨਵਾਦ ਕਰਦਿਆਂ, ਵੜਿੰਗ ਨੇ ਕਿਹਾ ਕਿ ਅੱਜ ਦੇ ਪ੍ਰੋਗਰਾਮ ਦੀ ਸਫਲਤਾ ਉਨ੍ਹਾਂ ਦੇ ਸਹਿਯੋਗ ਨਾਲ ਸੰਭਵ ਹੋਈ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਜ਼ਮੀਨੀ ਪੱਧਰ ਦੇ ਵਰਕਰਾਂ ਨੂੰ ਬਣਦਾ ਮਾਣ ਦੇ ਰਹੀ ਹੈ। ਉਨ੍ਹਾਂ ਜਿਕਰ ਕੀਤਾ ਕਿ ਕਿਵੇਂ ਹਿਮਾਚਲ ਪ੍ਰਦੇਸ਼ ਤੋਂ ਇਕ ਜਿਲ੍ਹਾ ਕਾਂਗਰਸ ਪ੍ਰਧਾਨ ਨੂੰ ਰਾਜ ਸਭਾ ਨਾਮਜਦ ਕੀਤਾ ਗਿਆ ਹੈ।

ਉਨ੍ਹਾਂ ਨੇ ਵਾਅਦਾ ਕੀਤਾ ਕਿ ਸੂਬੇ ਅੰਦਰ ਕਾਂਗਰਸ ਦੀ ਸਰਕਾਰ ਬਣਨ ਤੇ ਉਹ ਕਾਂਗਰਸ ਹਾਈ ਕਮਾਂਡ ਨੂੰ ਸੂਬੇ ਤੋਂ 3 ਬਲਾਕ ਕਾਂਗਰਸ ਪ੍ਰਧਾਨਾਂ ਅਤੇ 2 ਜਿਲ੍ਹਾ ਕਾਂਗਰਸ ਪ੍ਰਧਾਨਾਂ ਨੂੰ ਰਾਜ ਸਭਾ ਲਈ ਨਾਮਜ਼ਦ ਕਰਨ ਦੀ ਸਿਫਾਰਿਸ਼ ਕਰਨਗੇ।

ਰੋਸ ਪ੍ਰਦਰਸ਼ਨ ਨੂੰ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਵੀ ਸੰਬੋਧਨ ਕੀਤਾ ਗਿਆ ਅਤੇ ਆਪ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਵੱਡੇ ਪੱਧਰ ‘ਤੇ ਅਸਫਲਤਾ ਲਈ ਤਿੱਖੀ ਆਲੋਚਨਾ ਕੀਤੀ ਗਈ।

Leave a Comment

Your email address will not be published. Required fields are marked *

Scroll to Top