ਨਸ਼ਿਆਂ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਵੱਲੋਂ ਬੇਅਬਾਦ ਤੇ ਅਣਵਰਤੀਆਂ ਥਾਵਾਂ ਦਾ ਢੁੱਕਵਾਂ ਰੱਖ-ਰਖਾਅ ਯਕੀਨੀ ਬਣਾਉਣ ਦੇ ਨਿਰਦੇਸ਼

ਜਲੰਧਰ, 24 ਦਸੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਨਗਰ ਨਿਗਮ/ ਕੌਂਸਲਾਂ ਦੇ ਅਧਿਕਾਰੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਆਉਂਦੀਆਂ ਅਜਿਹੀਆਂ ਬੇਅਬਾਦ ਤੇ ਅਣਵਰਤੀਆਂ ਥਾਵਾਂ, ਜਿਨ੍ਹਾਂ ਦੀ ਨਸ਼ੇ ਦੇ ਆਦੀ ਵਿਅਕਤੀਆਂ ਵੱਲੋਂ ਨਸ਼ੇ ਦੇ ਸੇਵਨ ਲਈ ਦੁਰਵਰਤੋਂ ਕੀਤੀ ਜਾ ਸਕਦੀ ਹੈ, ਦਾ ਢੁੱਕਵਾਂ ਰੱਖ-ਰਖਾਅ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨਕੋਰਡ) ਮਕੈਨਿਜ਼ਮ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਅਜਿਹੀਆਂ ਥਾਵਾਂ ’ਤੇ ਸਾਫ-ਸਫਾਈ, ਲਾਈਟਾਂ ਦਾ ਪ੍ਰਬੰਧ, ਚਾਰਦਿਵਾਰੀ ਆਦਿ ਕਰਨ ਤੋਂ ਇਲਾਵਾ ਇਨ੍ਹਾਂ ਨੂੰ ਪਾਰਕ, ਖੇਡ ਮੈਦਾਨ, ਜਿੰਮ, ਰਨਿੰਗ ਟਰੈਕ ਆਦਿ ਵਿਚ ਤਬਦੀਲ ਕਰਨ ਲਈ ਠੋਸ ਉਪਰਾਲੇ ਕੀਤੇ ਜਾਣ ਤਾਂ ਜੋ ਲੋਕਾਂ ਖਾਸ ਕਰ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਵੱਲ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਪਿੰਡਾਂ ਵਿੱਚ ਵੀ ਇਸੇ ਤਰਜ਼ ’ਤੇ ਪੰਚਾਇਤਾਂ ਤੇ ਨੰਬਰਦਾਰਾਂ ਦੀ ਮਦਦ ਨਾਲ ਅਜਿਹੇ ਖੇਤਰਾਂ ਨੂੰ ਉਸਾਰੂ ਗਤੀਵਿਧੀਆਂ ਲਈ ਵਰਤੇ ਜਾਣ ਨੂੰ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ। ਡਾ. ਅਗਰਵਾਲ ਨੇ ਪੁਲਿਸ ਵਿਭਾਗ ਨੂੰ ਅਜਿਹੀਆਂ ਥਾਵਾਂ ’ਤੇ ਵਧੇਰੇ ਚੌਕਸੀ ਵਰਤਣ ਦੀ ਹਦਾਇਤ ਵੀ ਕੀਤੀ।

ਵੱਖ-ਵੱਖ ਵਿਭਾਗਾਂ ਵੱਲੋਂ ਨਸ਼ਿਆਂ ਖਿਲਾਫ਼ ਕੀਤੀ ਜਾ ਰਹੀ ਕਾਰਵਾਈ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੱਖ-ਵੱਖ ਪੱਧਰ ’ਤੇ ਨਸ਼ਿਆਂ ਵਿਰੁੱਧ ਹੋਰ ਅਸਰਦਾਰ ਢੰਗ ਨਾਲ ਕਦਮ ਚੁੱਕੇ ਜਾਣ। ਉਨ੍ਹਾਂ ਨਸ਼ਿਆਂ ਖਿਲਾਫ਼ ਕਾਰਵਾਈ ਦੇ ਨਾਲ-ਨਾਲ ਨਸ਼ਿਆਂ ਖਿਲਾਫ਼ ਲਗਾਤਾਰ ਜਾਗਰੂਕਤਾ ਫੈਲਾਉਣ ֹ’ਤੇ ਜ਼ੋਰ ਦਿੱਤਾ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਵੱਲੋਂ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਲਈ ਕੀਤੇ ਜਾ ਰਹੇ ਯਤਨਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਫੈਸਲਾਕੁੰਨ ਜੰਗ ਵਿੱਢੀ ਹੋਈ ਹੈ। ਉਨ੍ਹਾਂ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਮੁੜ ਸਮਾਜ ਨਾਲ ਜੋੜਨ ਅਤੇ ਜਾਗਰੂਕਤਾ ਯਤਨਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵਿਭਾਗੀ ਅਧਿਕਾਰੀਆਂ ਨੂੰ ਪੂਰੇ ਤਾਲਮੇਲ ਅਤੇ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ।
ਮੀਟਿੰਗ ਵਿੱਚ ਪੁਲਿਸ, ਸਿਹਤ, ਸਿੱਖਿਆ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Leave a Comment

Your email address will not be published. Required fields are marked *

Scroll to Top