ਯੁੱਧ ਨਸ਼ਿਆਂ ਵਿਰੁੱਧ: ਕੈਬਨਿਟ ਮੰਤਰੀ ਵੱਲੋਂ ਨਸ਼ਾ ਛੁਡਾਊ ਕੇਂਦਰ ਦਾ ਦੌਰਾ, ਮਰੀਜ਼ਾਂ ਦਾ ਹਾਲ-ਚਾਲ ਜਾਣਿਆ

ਜਲੰਧਰ, 22 ਮਈ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਸਥਾਨਕ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਸਥਿਤ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕਰਕੇ ਇਥੇ ਦਾਖ਼ਲ ਮਰੀਜ਼ਾਂ ਦਾ ਹਾਲ-ਚਾਲ ਜਾਣਿਆ।
ਉਨ੍ਹਾਂ ਕੇਂਦਰ ਵਿੱਚ ਨਸ਼ੇ ’ਤੇ ਨਿਰਭਰ ਵਿਅਕਤੀਆਂ ਦੇ ਇਲਾਜ ਲਈ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਪਾਸੋਂ ਅਜਿਹੇ ਮਰੀਜ਼ਾਂ ਦੇ ਇਲਾਜ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸਿਵਲ ਸਰਜਨ ਡਾ. ਗੁਰਮੀਤ ਲਾਲ ਵੀ ਮੌਜੂਦ ਸਨ।


ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਿਥੇ ਨਸ਼ਾ ਤਸਕਰਾਂ ’ਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਉਥੇ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਸਮਾਜ ਨਾਲ ਜੋੜਨ ਲਈ ਮੁੜ ਵਸੇਬੇ ਦੇ ਯਤਨਾਂ ਨੂੰ ਵੀ ਮਜ਼ਬੂਤ ਕੀਤਾ ਜਾ ਰਿਹਾ ਹੈ, ਜਿਸ ਦੇ ਸਾਰਥਕ ਸਿੱਟੇ ਸਾਹਮਣੇ ਆ ਰਹੇ ਹਨ।
ਸ਼੍ਰੀ ਭਗਤ ਨੇ ਕਿਹਾ ਕਿ ‘ਨਸ਼ਾ ਮੁਕਤੀ ਯਾਤਰਾ’ ਤਹਿਤ ਨਸ਼ਿਆਂ ਖਿਲਾਫ਼ ਵਿਆਪਕ ਪੱਧਰ ’ਤੇ ਜਨ-ਜਾਗਰੂਕਤਾ ਫੈਲਾਉਣ ਦੇ ਨਾਲ-ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸੂਬਾ ਸਰਕਾਰ ਵੱਲੋਂ ਮਾਡਲ ਖੇਡ ਮੈਦਾਨ ਤੇ ਲਾਇਬ੍ਰੇਰੀਆਂ ਬਣਾਈਆਂ ਜਾ ਰਹੀਆਂ ਹਨ । ਉਨ੍ਹਾਂ ਕਿਹਾ ਕਿ ਰਾਜ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪਿੰਡਾਂ ਤੇ ਵਾਰਡਾਂ ਤੱਕ ਪਹੁੰਚ ਕੇ ਜ਼ਮੀਨੀ ਪੱਧਰ ’ਤੇ ਕੰਮ ਰਹੀ ਹੈ ਅਤੇ ਜਲਦ ਹੀ ਨਸ਼ਿਆਂ ਖਿਲਾਫ਼ ਇਹ ਲੜਾਈ ਜਿੱਤ ਕੇ ਸੂਬੇ ਨੂੰ ਰੰਗਲਾ ਪੰਜਾਬ ਬਣਾਇਆ ਜਾਵੇਗਾ।


ਕੈਬਨਿਟ ਮੰਤਰੀ ਨੇ ਨਸ਼ਾ ਛੁਡਾਊ ਕੇਂਦਰ ਵਿਖੇ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਡਾਕਟਰਾਂ ਦੀ ਸਲਾਹ ਨਾਲ ਆਪਣਾ ਮੁਕੰਮਲ ਇਲਾਜ ਕਰਵਾਉਣ ਅਤੇ ਮੁੜ ਨਸ਼ੇ ਦੀ ਵਰਤੋਂ ਕਰਨ ਤੋਂ ਬਚਣ ਲਈ ਪ੍ਰੇਰਿਤ ਕੀਤਾ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਵੱਲੋਂ ਸਿਵਲ ਹਸਪਤਾਲ ਦਾ ਦੌਰਾ ਕੀਤਾ ਗਿਆ। ਉਨ੍ਹਾਂ ਐਮਰਜੈਂਸੀ, ਓ.ਪੀ.ਡੀ., ਰਜਿਸਟ੍ਰੇਸ਼ਨ, ਐਮ.ਆਰ.ਡੀ. ਸਮੇਤ ਵੱਖ-ਵੱਖ ਵਿਭਾਗਾਂ ਦੌਰਾ ਕਰਕੇ ਉਥੇ ਮਰੀਜ਼ਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਿਵਲ ਸਰਜਨ ਪਾਸੋਂ ਹਸਪਤਾਲ ਵਿਖੇ ਦਿੱਤੀਆਂ ਜਾ ਰਹੀਆਂ ਇਲਾਜ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਪ੍ਰਬੰਧਾਂ ਦਾ ਬਰੀਕੀ ਨਾਲ ਨਿਰੀਖਣ ਕੀਤਾ। ਉਨ੍ਹਾਂ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ।


ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਸਪਤਾਲ ਵਿਖੇ ਆਉਣ ਵਾਲੇ ਮਰੀਜ਼ਾਂ ਲਈ ਪ੍ਰਭਾਵੀ ਸਿਹਤ ਸੇਵਾਵਾਂ ਯਕੀਨੀ ਬਣਾਉਣ ਦੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸਿਵਲ ਹਸਪਤਾਲ ਵਿਖੇ ਇਲਾਜ ਸੇਵਾਵਾਂ ਪ੍ਰਾਪਤ ਕਰਨ ਵਿੱਚ ਕਿਸੇ ਵੀ ਮਰੀਜ਼ ਨੂੰ ਕੋਈ ਦਿੱਕਤ ਪੇਸ਼ ਨਾ ਆਵੇ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪੁੱਜਦਾ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਸਿਹਤ ਅਤੇ ਸਿੱਖਿਆ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਅਤੇ ਬਿਹਤਰ ਇਲਾਜ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਇਸ ਗੱਲ ’ਤੇ ਤਸੱਲੀ ਜ਼ਾਹਰ ਕੀਤੀ ਕਿ ਸਿਵਲ ਹਸਪਤਾਲ ਵਿੱਚ ਆਮ ਬਿਮਾਰੀ ਤੋਂ ਲੈ ਕੇ ਕੈਂਸਰ ਤੱਕ ਦੇ ਮਰੀਜ਼ਾਂ ਨੂੰ ਮਾਹਰਾਂ ਵੱਲੋਂ ਇਲਾਜ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਇਸ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਸਿਵਲ ਹਸਪਤਾਲ ਵਿੱਚ ਮੌਜੂਦ ਸੁਵਿਧਾਵਾਂ ਅਤੇ ਲੋੜੀਂਦੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਜ਼ੋਨਲ ਲਾਇਸੈਂਸਿੰਗ ਅਥਾਰਟੀ ਨੂੰ ਪੂਰਨ ਨਜ਼ਰਸਾਨੀ ਰੱਖਣ ਦੀ ਹਦਾਇਤ ਕੀਤੀ ਤਾਂ ਜੋ ਕੋਈ ਵੀ ਕੈਮਿਸਟ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਨਾ ਕਰ ਸਕੇ।

Leave a Comment

Your email address will not be published. Required fields are marked *

Scroll to Top