‘ਯੁੱਧ ਨਸ਼ਿਆਂ ਵਿਰੁੱਧ’: ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸੰਗਰੂਰ ਅਤੇ ਬਰਨਾਲਾ ਜ਼ਿਲਿ੍ਹਆਂ ਦੇ ਨਸ਼ਾ ਛੁਡਾਊ ਕੇਂਦਰਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਸੰਗਰੂਰ/ਬਰਨਾਲਾ, 7 ਮਾਰਚ – ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪੰਜਾਬ ਸਰਕਾਰ ਦੀ ਚੱਲ ਰਹੀ ਨਸ਼ਿਆਂ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਸੰਗਰੂਰ ਅਤੇ ਬਰਨਾਲਾ ਜ਼ਿਲਿ੍ਹਆਂ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਮੰਤਰੀ ਨੇ ਇਨ੍ਹਾਂ ਜ਼ਿਲਿ੍ਹਆਂ ਦੇ ਜ਼ਿਲ੍ਹਾ ਪ੍ਰਸ਼ਾਸਨ  ਅਧਿਕਾਰੀਆਂ ਅਤੇ ਨਿੱਜੀ ਨਸ਼ਾ ਛੁਡਾਊ ਕੇਂਦਰਾਂ ਦੇ ਸੰਚਾਲਕਾਂ ਨਾਲ ਵੀ ਮੀਟਿੰਗਾਂ ਕੀਤੀਆਂ।

ਡਾ. ਬਲਬੀਰ ਸਿੰਘ ਨੇ ਕਿਹਾ ਕਿ, ਨਸ਼ਿਆਂ ਦੀ ਲਾਹਣਤ ਨੂੰ ਪੂਰੀ ਤਰ੍ਹਾਂ ਖਤਮ ਕਰਨ ਤੱਕ ਹੀ ਸੀਮਤ ਨਹੀਂ ਸਗੋਂ  ਪੰਜਾਬ ਸਰਕਾਰ ਇੱਕ ਕਦਮ ਅੱਗੇ ਵਹ ਵਧੀ ਹੈ ਅਤੇ ਨਸ਼ਿਆਂ ਦੇ ਆਦੀ ਮਰੀਜ਼ਾਂ ਨੂੰ ਰੁਜ਼ਗਾਰ ਦੇ ਮੌਕਿਆਂ ਲਈ ਹੁਨਰ ਅਧਾਰਤ ਸਿਖਲਾਈ ਪ੍ਰਦਾਨ ਕਰਕੇ ਉਨ੍ਹਾਂ ਦੇ ਮੁੜ ਵਸੇਬੇ ਨੂੰ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ, ਹਰ ਪਿੰਡ ਵਿੱਚ ਜਲਦੀ ਹੀ 15 ਮੈਂਬਰੀ ਕਮੇਟੀਆਂ ਬਣਾਈਆਂ ਜਾਣਗੀਆਂ ,ਜੋ ਨੌਜਵਾਨਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਣੂ ਕਰਵਾਉਣਗੀਆਂ ਅਤੇ ਆਪੋ-ਆਪਣੇ ਖੇਤਰਾਂ ਵਿੱਚ ਨਸ਼ਿਆਂ ਦੀ ਤਸਕਰੀ ਪ੍ਰਤੀ ਸੁਚੇਤ ਕਰਨਗੀਆਂ।

ਮੰਤਰੀ ਨੇ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਤਸਕਰੀ ਬੰਦ ਕਰ ਦਿੱਤੀ ਜਾਵੇ ਨਹੀਂ ਤਾਂ ਉਹਨਾਂ ਦਾ ਟਿਕਾਣਾ ਸਲਾਖਾਂ ਪਿੱਛੇ ਹੋਵੇਗਾ।  ਉਨ੍ਹਾਂ ਅੱਗੇ ਕਿਹਾ ਕਿ ਨਸ਼ਿਆਂ ਦੀਆਂ ਆਦੀ  ਔਰਤਾਂ ਨੂੰ ਵੱਖਰੇ ਵਾਰਡ ਦਿੱਤੇ ਜਾਣਗੇ ਤਾਂ ਜੋ ਉਨ੍ਹਾਂ ਨਾਲ ਸਨਮਾਨਜਨਕ ਢੰਗ ਨਾਲ ਪੇਸ਼ ਆਇਆ ਜਾ ਸਕੇ।

ਡਾ. ਬਲਬੀਰ ਸਿੰਘ ਨੇ ਅੱਗੇ ਕਿਹਾ ਕਿ ਇਸ ਮੁਹਿੰਮ ਨੂੰ ਸਮਾਜ ਦੇ ਹਰ ਵਰਗ ਤੋਂ ਸਕਾਰਾਤਮਕ ਹੁੰਗਾਰਾ ਮਿਲਿਆ ਹੈ ਅਤੇ ਆਉਣ ਵਾਲੇ ਕੁਝ ਮਹੀਨਿਆਂ ਵਿੱਚ, ਰਾਜ ਵਿੱਚੋਂ ਨਸ਼ਿਆਂ ਦਾ ਸਫਾਇਆ ਕਰ ਦਿੱਤਾ ਜਾਵੇਗਾ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top