ਜਲੰਧਰ, 22 ਨਵੰਬਰ : ਪੰਜਾਬ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਦਾ ਸੱਦਾ ਦਿੰਦਿਆਂ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਮੇਅਰ ਵਿਨੀਤ ਧੀਰ, ਪ੍ਰਧਾਨ ਹਾਕੀ ਪੰਜਾਬ ਨਿਤਿਨ ਕੋਹਲੀ, ਸ਼ਾਲੀਨ ਮਿੱਤਰਾ, ‘ਨਸ਼ਾ ਮੁਕਤੀ ਮੋਰਚਾ’ ਦੇ ਦੋਆਬਾ ਕੋਆਰਡੀਨੇਟਰ ਅਤਿਨ ਅਗਨੀਹੋਤਰੀ, ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਮੰਗਲ ਸਿੰਘ ਬੱਸੀ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ਜਲੰਧਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਮਣੀਕ ਸਿੰਘ ਰੰਧਾਵਾ ਅਤੇ ‘ਨਸ਼ਾ ਮੁਕਤੀ ਮੋਰਚਾ’ ਦੇ ਜਲੰਧਰ ਕੋਆਰਡੀਨੇਟਰ ਸ਼ੈਂਕੀ ਭਗਤ ਨੇ ਅੱਜ ਸ਼ਹਿਰ ਦੇ ਬਰਲਟਨ ਪਾਰਕ ਤੋਂ ਸੂਬਾ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਇੱਕ ਵਿਸ਼ਾਲ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ। ‘ਨਸ਼ਾ ਮੁਕਤੀ ਮੋਰਚਾ’ ਵੱਲੋਂ ਕਰਵਾਈ ਰੈਲੀ ਵਿੱਚ ਜਲੰਧਰ ਭਰ ਤੋਂ ਸੈਂਕੜੇ ਬਾਈਕ ਸਵਾਰਾਂ ਨੇ ਹਿੱਸਾ ਲਿਆ ਅਤੇ ਸ਼ਹਿਰ ਵਿੱਚੋਂ ਲੰਘਦਿਆਂ ‘ਪੰਜਾਬ ਅਗੇਂਸਟ ਡਰੱਗਜ਼’ ਦਾ ਸੁਨੇਹਾ ਦਿੱਤਾ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਇੱਕ ਫੈਸਲਾਕੁੰਨ ਜੰਗ ਵਿੱਢੀ ਹੋਈ ਹੈ ਅਤੇ ਇਸ ਮੁਹਿੰਮ ਨੂੰ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਇੱਕ ਜਨ-ਅੰਦੋਲਨ ਵਿੱਚ ਤਬਦੀਲ ਕਰ ਦਿੱਤਾ ਹੈ। ਸ਼੍ਰੀ ਭਗਤ ਨੇ ਕਿਹਾ ਕਿ ਇਸ ਰੈਲੀ ਦਾ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਸੋਚ ਮੁਤਾਬਕ ਸੂਬੇ ਨੂੰ ਉਸ ਦੇ ਪੁਰਾਤਨ ਸ਼ਾਨਦਾਰ ਦੌਰ ਵੱਲ ਲਿਜਾਣਾ ਹੈ।
ਉਨ੍ਹਾਂ ਨੌਜਵਾਨਾਂ ਨੂੰ ਪੰਜਾਬ ਵਿੱਚੋਂ ਨਸ਼ਿਆਂ ਨੂੰ ਖ਼ਤਮ ਕਰਨ ਅਤੇ ਮੁੱਖ ਮੰਤਰੀ ਦੇ ਰੰਗਲੇ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਮਦਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ‘ਖੇਡਾਂ ਵਤਨ ਪੰਜਾਬ ਦੀਆਂ’ ਨੂੰ ਬਹੁਤ ਹੀ ਸਫ਼ਲ ਉਪਰਾਲਾ ਦੱਸਿਆ, ਜਿਸ ਵਿੱਚ ਸੂਬੇ ਦੇ ਲੱਖਾਂ ਲੋਕਾਂ ਨੇ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਮੁੱਖ ਮੰਤਰੀ, ਪੰਜਾਬ ਦੀ ‘ਰੰਗਲਾ ਪੰਜਾਬ’ ਦੀ ਸੋਚ ਨੂੰ ਦਰਸਾਉਂਦਾ ਹੈ। ਇਸ ਜਾਗਰੂਕਤਾ ਮੁਹਿੰਮ ਲਈ ਭਾਗੀਦਾਰਾਂ ਅਤੇ ‘ਨਸ਼ਾ ਮੁਕਤੀ ਮੋਰਚਾ’ ਦੀ ਪੂਰੀ ਟੀਮ ਦਾ ਧੰਨਵਾਦ ਕਰਦਿਆਂ ਸ਼੍ਰੀ ਭਗਤ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਨਾਲ ਜੁੜਨ ਦੀ ਅਪੀਲ ਕੀਤੀ।
ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰਾਂ ਨੂੰ ਸਿਰਫ਼ ਚੋਣਾਂ ਨੇੜੇ ਆਉਣ ‘ਤੇ ਹੀ ਨੌਜਵਾਨਾਂ ਦੀ ਯਾਦ ਆਉਂਦੀ ਹੈ ਅਤੇ ਮਾਰਚ ਕੱਢਦੀਆਂ ਹਨ, ਜਿਸ ਪਿੱਛੇ ਸਿਰਫ਼ ਵੋਟ-ਬੈਂਕ ਦੀ ਸਿਆਸਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਰਾਹੀਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸੁਹਿਰਦ ਯਤਨ ਕੀਤੇ ਹਨ। ਉਨ੍ਹਾਂ ਨੇ ਸੂਬਾ ਵਾਸੀਆਂ ਨੂੰ ਨਸ਼ਾ ਵਿਰੋਧੀ ਇਸ ਵਿਆਪਕ ਮੁਹਿੰਮ ਨੂੰ ਲਗਾਤਾਰ ਸਮਰਥਨ ਦੇਣ ਦੀ ਅਪੀਲ ਵੀ ਕੀਤੀ।
ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੀ ਭਗਤ ਨੇ 300 ਯੂਨਿਟ ਮੁਫ਼ਤ ਬਿਜਲੀ, 10 ਲੱਖ ਰੁਪਏ ਦਾ ਸਿਹਤ ਬੀਮਾ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਸਿੱਖਿਆ ਪ੍ਰਣਾਲੀ ਵਿੱਚ ਲਿਆਂਦੀ ਗਈ ਕ੍ਰਾਂਤੀਕਾਰੀ ਤਬਦੀਲੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੋਕ ਜਾਣਦੇ ਹਨ ਕਿ ਪੰਜਾਬ ਦੀ ਭਲਾਈ ਲਈ ਅਸਲ ਵਿੱਚ ਕੌਣ ਕੰਮ ਕਰ ਰਿਹਾ ਹੈ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਨ੍ਹਾਂ ਲੋਕ ਭਲਾਈ ਪਹਿਲਕਦਮੀਆਂ ਨੇ ਪੰਜਾਬ ਨੂੰ ਵਿਕਾਸ ਦੀਆਂ ਉੱਚ ਲੀਹਾਂ ’ਤੇ ਪਾਇਆ ਹੈ, ਜਿਸ ਨਾਲ ਸੂਬੇ ਦੇ ਸਾਰੇ ਖੇਤਰਾਂ ਦੀ ਤਰੱਕੀ ਯਕੀਨੀ ਬਣੀ ਹੈ।
ਇਸ ਤੋਂ ਪਹਿਲਾਂ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਭੰਗੜਾ ਪੇਸ਼ ਕੀਤਾ ਅਤੇ ਨਸ਼ਾ-ਵਿਰੋਧੀ ਸਕਿੱਟ ਰਾਹੀਂ ਨਸ਼ਿਆਂ ਤੋਂ ਦੂਰ ਰਹਿਣ ਦਾ ਹੋਕਾ ਦਿੱਤਾ ਗਿਆ। ਇਸੇ ਤਰ੍ਹਾਂ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਲੋਕ ਗਾਇਕ ਦਲਵਿੰਦਰ ਦਿਆਲਪੁਰੀ ਨੇ ਵੀ ਆਪਣੀ ਪੇਸ਼ਕਾਰੀ ਦਿੱਤੀ। ਇਹ ਬਾਈਕਰ ਰੈਲੀ ਕਪੂਰਥਲਾ ਚੌਕ, ਫੁੱਟਬਾਲ ਚੌਕ ਅਤੇ ਸ੍ਰੀ ਗੁਰੂ ਰਵਿਦਾਸ ਚੌਕ ਤੋਂ ਹੁੰਦੀ ਹੋਈ ਮਾਡਲ ਟਾਊਨ ਦੇ ਸ਼ਿਵਾਨੀ ਪਾਰਕ ਵਿਖੇ ਸਮਾਪਤ ਹੋਈ, ਜਿੱਥੇ ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਚੇਅਰਮੈਨ ਗਗਨਦੀਪ ਸਿੰਘ ਕਾਕੂ ਆਹਲੂਵਾਲੀਆ, ‘ਆਪ’ ਆਗੂ ਬਲਵੀਰ ਸਿੰਘ ਪਾਲਾ ਜਲਾਲਪੁਰੀਆ ਅਤੇ ਸਥਾਨਕ ਵਸਨੀਕਾਂ ਨੇ ਰੈਲੀ ਵਿੱਚ ਸ਼ਾਮਲ ਲੋਕਾਂ ਦਾ ਸਵਾਗਤ ਕੀਤਾ।