ਜਲੰਧਰ, 6 ਜਨਵਰੀ : ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਪਹਿਲਕਦਮੀ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੱਜ ਜਲੰਧਰ ਵਿੱਚ ਇੱਕ ਹੋਰ ਫੈਸਲਾਕੁੰਨ ਕਾਰਵਾਈ ਕੀਤੀ ਗਈ। ਜਲੰਧਰ ਨਗਰ ਨਿਗਮ ਵੱਲੋਂ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਰਾਜਨ ਨਗਰ ਵਿਖੇ ਨਸ਼ਾ ਤਸਕਰ ਨਾਲ ਸਬੰਧਤ ਇੱਕ ਗੈਰ-ਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ ਗਿਆ।
ਇਹ ਕਾਰਵਾਈ ਨਗਰ ਨਿਗਮ ਅਤੇ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਸਾਂਝੇ ਤੌਰ ‘ਤੇ ਕੀਤੀ ਗਈ ਹੈ।
ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਏ.ਡੀ.ਸੀ.ਪੀ-2 ਹਰਿੰਦਰ ਸਿੰਘ ਗਿੱਲ ਦੀਆਂ ਹਦਾਇਤਾਂ ਅਨੁਸਾਰ ਏ.ਸੀ.ਪੀ.ਪੱਛਮੀ ਆਤਿਸ਼ ਭਾਟੀਆ ਵੱਲੋਂ ਨਿੱਜੀ ਤੌਰ ‘ਤੇ ਕਾਰਵਾਈ ਦੀ ਨਿਗਰਾਨੀ ਕੀਤੀ ਗਈ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਹ ਗੈਰ-ਕਾਨੂੰਨੀ ਉਸਾਰੀ ਨਰਿੰਦਰ ਕੁਮਾਰ ਉਰਫ਼ ਬਾਬਾ ਵਾਸੀ ਰਾਜਨ ਨਗਰ ਦੀ ਸੀ, ਜੋ ਕਿ ਇੱਕ ਬਦਨਾਮ ਨਸ਼ਾ ਤਸਕਰ ਹੈ। ਉਨ੍ਹਾਂ ਦੱਸਿਆ ਕਿ ਨਰਿੰਦਰ ਕੁਮਾਰ ‘ਤੇ ਪਹਿਲਾਂ ਹੀ ਕੁੱਲ 14 ਮੁਕੱਦਮੇ ਦਰਜ ਹਨ, ਜਿਨ੍ਹਾਂ ਵਿੱਚੋਂ 5 ਮੁਕੱਦਮੇ ਐਨ.ਡੀ.ਪੀ.ਐਸ. ਐਕਟ ਨਾਲ ਸਬੰਧਤ ਹਨ।
ਉਨ੍ਹਾਂ ਕਿਹਾ ਕਿ ਕਮਿਸ਼ਨਰੇਟ ਜਲੰਧਰ ਵਿੱਚ ਨਸ਼ਿਆਂ ਨਾਲ ਸਬੰਧਤ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹੀਆਂ ਗਤੀਵਿਧੀਆਂ ਖਿਲਾਫ਼ ਸਖ਼ਤ ਕਾਰਵਾਈ ਇਸੇ ਤਰ੍ਹਾਂ ਜਾਰੀ ਰਹੇਗੀ।

















































