ਵੜਿੰਗ ਨੇ ਮੁੱਖ ਮੰਤਰੀ ਨੂੰ ਗੰਭੀਰ ਦੋਸ਼ਾਂ ’ਤੇ ਚੁੱਪੀ ਤੋੜਨ ਲਈ ਕਿਹਾ ਅਤੇ ਨੈਤਿਕਤਾ ਦੇ ਆਧਾਰ ’ਤੇ ਅਸਤੀਫ਼ਾ ਦੇਣ ਦੀ ਕੀਤੀ ਮੰਗ

ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦੋ ਵਿਵਾਦਤ ਵੀਡੀਓਜ਼ ਦੇ ਆਧਾਰ ’ਤੇ ਉਨ੍ਹਾਂ ਨੂੰ ਤਨਖਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਮਾਨ ਨੂੰ ਨੈਤਿਕ ਆਧਾਰ ’ਤੇ ਆਪਣੇ ਅਹੁਦੇ ਤੋਂ ਹਟ ਜਾਣਾ ਚਾਹੀਦਾ ਹੈ। ਜਿਸ ਸਬੰਧ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਹੈ ਕਿ ਇਹ ਦੋਵੇਂ ਵੀਡੀਓਜ ਅਸਲੀ ਹਨ ਅਤੇ ਏਆਈ ਰਾਹੀਂ ਤਿਆਰ ਨਹੀਂ ਕੀਤੀਆਂ ਗਈਆਂ ਹਨ।


ਵੜਿੰਗ ਨੇ ਕਿਹਾ ਹੈ ਕਿ ਮੁੱਖ ਮੰਤਰੀ ਮਾਨ ਨੂੰ ਇਸ ਮਾਮਲੇ ’ਤੇ ਆਪਣੀ ਚੁੱਪੀ ਵੀ ਤੋੜਨੀ ਚਾਹੀਦੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਗੰਭੀਰ ਦੋਸ਼ਾਂ ਬਾਰੇ ਤੁਹਾਡੇ ਜਵਾਬ ਦੀ ਉਡੀਕ ਕਰ ਰਹੇ ਹਨ।


ਉਨ੍ਹਾਂ ਨੇ ਜ਼ੋਰ ਦਿੰਦਿਆਂ, ਕਿਹਾ ਕਿ ਦੁਨੀਆ ਭਰ ਵਿੱਚ ਵੱਸਦੇ ਹਰ ਸਿੱਖ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ ਧਾਰਮਿਕ ਅਥਾਰਟੀ ਹੈ ਅਤੇ ਇਨ੍ਹਾਂ ਦੇ ਫ਼ੈਸਲੇ ਹਰ ਕਿਸੇ ਲਈ ਬੰਨ੍ਹਕਾਰੀ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮੰਤਰੀ ਮਾਨ ਨਾਲ ਸੰਬੰਧਤ ਦੋ ਵਿਵਾਦਤ ਵੀਡੀਓਜ਼ ਨੂੰ ਦੋ ਵੱਖ-ਵੱਖ ਫੋਰੈਂਸਿਕ ਲੈਬੋਰਟਰੀਆਂ ਵੱਲੋਂ ਜਾਂਚ ਤੋਂ ਬਾਅਦ ਅਸਲੀ ਕਰਾਰ ਦਿੱਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉਚਤਾ ਦਾ ਸਤਿਕਾਰ ਕਰਦਿਆਂ ਅਤੇ ਇਸ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਧਿਆਨ ਵਿੱਚ ਰੱਖਦਿਆਂ, ਮੁੱਖ ਮੰਤਰੀ ਨੂੰ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।


ਵੜਿੰਗ ਨੇ ਕਿਹਾ ਕਿ ਇਹ ਬਹੁਤ ਹੀ ਸੰਵੇਦਨਸ਼ੀਲ ਮਾਮਲਾ ਹੈ। ਜਦੋਂ ਮੁੱਖ ਮੰਤਰੀ ਬੇਅਦਬੀ ਦੇ ਮਾਮਲਿਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾ ਸਕਦੇ ਹਨ, ਤਾਂ ਉਨ੍ਹਾਂ ਨੂੰ ਖੁਦ ਵੀ ਉਹੀ ਮਾਪਦੰਡ ਅਪਣਾਉਣੇ ਚਾਹੀਦੇ ਹਨ, ਜਿਨ੍ਹਾਂ ਦੀ ਉਹ ਹੋਰਨਾਂ ਨੂੰ ਸਿੱਖਿਆ ਦਿੰਦੇ ਹਨ।

Leave a Comment

Your email address will not be published. Required fields are marked *

Scroll to Top