ਜਲੰਧਰ, 13 ਮਾਰਚ : ਮਹਿਲਾਵਾਂ ਦੇ ਸਨਮਾਨ ਅਤੇ ਸਸ਼ਕਤੀਕਰਨ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਦਾ ਆਗਾਜ਼ ਕਰਨ ਦੀ ਖੁਸ਼ੀ ਵਿੱਚ ਮਹਿਲਾਵਾਂ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਈਂ ਜਾਗੋ ਕੱਢੀ ਗਈ।
ਵਿਧਾਨ ਸਭਾ ਹਲਕਾ ਕਰਤਾਰਪੁਰ ਵਿਖੇ ਹਲਕਾ ਵਿਧਾਇਕ ਬਲਕਾਰ ਸਿੰਘ ਵੱਲੋਂ ਖੁਦ ਜਾਗੋ ਦੀ ਅਗਵਾਈ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਇਹ ਯੋਜਨਾ ਸਿਰਫ਼ ਵਿੱਤੀ ਸਹਾਇਤਾ ਨਹੀਂ, ਸਗੋਂ ਪੰਜਾਬ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਦੇ ਸਨਮਾਨ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਸ ਵਿੱਤੀ ਸਹਾਇਤਾ ਨਾਲ ਮਹਿਲਾਵਾਂ ਦੀ ਆਰਥਿਕਤਾ ਦੇ ਨਾਲ-ਨਾਲ ਆਤਮ ਸਨਮਾਨ ਨੂੰ ਮਜ਼ਬੂਤੀ ਮਿਲੇਗੀ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਮਹਿਲਾਵਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਪਹਿਲਾਂ ਵੀ ਕਈ ਅਹਿਮ ਕਦਮ ਚੁੱਕੇ ਹਨ, ਕਿਉਂਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦਾ ਮੰਨਣਾ ਹੈ ਕਿ ਜੇਕਰ ਔਰਤਾਂ ਮਜ਼ਬੂਤ ਹੋਣਗੀਆਂ ਤਾਂ ਹੀ ਪਰਿਵਾਰ ਮਜ਼ਬੂਤ ਹੋਣਗੇ ਅਤੇ ਜਦੋਂ ਪਰਿਵਾਰ ਮਜ਼ਬੂਤ ਹੋਣਗੇ ਤਾਂ ਸਮਾਜ ਵੀ ਮਜ਼ਬੂਤ ਬਣੇਗਾ।
ਇਸੇ ਤਰ੍ਹਾਂ ਹਲਕਾ ਵਿਧਾਇਕ ਇੰਦਰਜੀਤ ਕੌਰ ਮਾਨ ਦੀ ਅਗਵਾਈ ਵਿੱਚ ਵਿਧਾਨ ਸਭਾ ਹਲਕਾ ਨਕੋਦਰ ਵਿਖੇ ਵੀ ਮਹਿਲਾਵਾਂ ਵੱਲੋਂ ਜਾਗੋ ਕੱਢ ਕੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਪ੍ਰਗਟ ਕੀਤਾ ਗਿਆ।
ਇਸੇ ਤਰ੍ਹਾਂ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂੰ ਦੀ ਅਗਵਾਈ ਵਿੱਚ ਆਦਮਪੁਰ ਅਤੇ ਭੋਗਪੁਰ ਵਿਖੇ ਵੀ ਔਰਤਾਂ ਵੱਲੋਂ ਜਾਗੋ ਕੱਢੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਪੰਜਾਬ ਦੀਆਂ ਲੱਖਾਂ ਔਰਤਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਅਤੇ ਸਵੈ-ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ ਪ੍ਰਤੀ ਮਹੀਨਾ 1000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1500 ਰੁਪਏ ਦਿੱਤੇ ਜਾਣਗੇ।

















































