ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ’ਚ ਦਾਖ਼ਲੇ ਲਈ 2 ਜਨਵਰੀ ਨੂੰ ਹੋਵੇਗਾ ਲਿਖਤੀ ਟੈਸਟ

ਜਲੰਧਰ, 29 ਨਵੰਬਰ – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਰਾਜ ਦੇ ਚੁਣੇ ਹੋਏ ਨੌਜਵਾਨਾਂ ਨੂੰ ਐਨ.ਡੀ.ਏ. ਰਾਹੀਂ ਹਥਿਆਰਬੰਦ ਸੈਨਾਵਾਂ ਵਿੱਚ ਬਤੌਰ ਕਮਿਸ਼ਨਡ ਅਫ਼ਸਰ ਬਣਨ ਲਈ ਸਿਖਲਾਈ ਦੇਣ ਲਈ ਸੈਕਟਰ-77, ਮੋਹਾਲੀ ਵਿਖੇ ਸਥਾਪਿਤ ਕੀਤੀ ਗਈ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਵਲੋਂ ਮਹੱਤਵਪੂਰਨ ਭੂਮਿਕਾ ਨਿਭਾਈ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਦੇ ਵਸਨੀਕ ਐਨ.ਡੀ.ਏ. ਵਿੱਚ ਦਾਖਲਾ ਲੈਣ ਦੇ ਚਾਹਵਾਨ ਸੀ.ਬੀ.ਐਸ.ਈ. 10ਵੀਂ ਜਮਾਤ ਵਿੱਚ ਪੜ੍ਹ ਰਹੇ ਵਿਦਿਆਰਥੀ ਜਿਨ੍ਹਾਂ ਦਾ ਜਨਮ 2 ਜੁਲਾਈ 2008 ਤੋਂ ਪਹਿਲਾਂ ਨਾ ਹੋਇਆ ਹੋਵੇ, ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿਖੇ ਦਾਖਲਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ 11ਵੀਂ ਜਮਾਤ ਵਿੱਚ ਪੜ੍ਹ ਰਹੇ ਵਿਦਿਆਰਥੀ ਵੀ ਇਸ ਪ੍ਰੀਖਿਆ ਵਿੱਚ ਭਾਗ ਲੈ ਸਕਦੇ ਹਨ ਪਰ ਉਨ੍ਹਾਂ ਨੂੰ 11ਵੀਂ ਜਮਾਤ ਵਿੱਚ ਹੀ ਦਾਖਲ ਕੀਤਾ ਜਾਵੇਗਾ ਅਤੇ ਉਹ ਉਮਰ ਦੇ ਮਾਪਦੰਡਾਂ ਨੂੰ ਪੂਰਾ ਕਰਦੇ ਹੋਣ। ਉਨ੍ਹਾਂ ਦੱਸਿਆ ਕਿ ਦਾਖਲਾ ਲੈਣ ਲਈ 02 ਜਨਵਰੀ 2025 ਨੂੰ ਲਿਖਤੀ ਪ੍ਰੀਖਿਆ ਹੋਵੇਗੀ, ਜਿਸ ਵਿੱਚ ਇੰਗਲਿਸ਼ (40/150), ਮੈਥ (80/150) ਅਤੇ ਸੋਸ਼ਲ ਸਟੱਡੀਜ਼ (30/150) ਪ੍ਰਸ਼ਨ ਸ਼ਾਮਿਲ ਹੋਣਗੇ। ਉਨ੍ਹਾਂ ਦੱਸਿਆ ਕਿ ਚੁਣੇ ਗਏ ਉਮੀਦਵਾਰਾਂ ਨੂੰ ਇੰਟਰਵਿਊ ਅਤੇ ਕਮਿਊਨੀਕੇਸ਼ਨ ਸਕਿੱਲ ਦੇ ਟੈਸਟ ਲਈ ਬੁਲਾਇਆ ਜਾਵੇਗਾ ਅਤੇ ਇਸ ਵਿੱਚ ਸਫ਼ਲ ਉਮੀਦਵਾਰਾਂ ਦੀ ਮੈਡੀਕਲ ਜਾਂਚ ਹੋਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਮੈਰਿਟ ਦੇ ਅਧਾਰ ’ਤੇ ਪਹਿਲੇ 48 ਉਮੀਦਵਾਰਾਂ ਨੂੰ ਸੰਸਥਾ ਵਿਖੇ ਅਪ੍ਰੈਲ-2025 ਲਈ ਦਾਖ਼ਲਾ ਦਿੱਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਸੰਸਥਾ ਵਲੋਂ 11ਵੀਂ ਅਤੇ 12ਵੀਂ ਜਮਾਤ ਵਿੱਚ ਪੜ੍ਹ ਰਹੇ ਲੜਕਿਆਂ ਨੂੰ ਵਧੀਆ ਸਿਖਲਾਈ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ ਅਤੇ ਐਨ.ਡੀ.ਏ. ਦੀ ਯੂ.ਪੀ.ਐਸ.ਸੀ. ਪ੍ਰੀਖਿਆ ਦੇ ਨਾਲ-ਨਾਲ ਸਰਵਿਸਿਜ਼ ਸਿਲੈਕਸ਼ਨ ਬੋਰਡ ਦੀਆਂ ਤਿਆਰੀ ਵਿੱਚ ਵੀ ਮਦਦ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਇੰਸਟੀਚਿਊਟ ਸਥਿਤੀ, ਸਰੀਰਿਕ ਅਤੇ ਨਰਮ ਹੁਨਰ ਸਿਖਲਾਈ ਵੀ ਪ੍ਰਦਾਨ ਕੀਤੀ ਜਾਂਦੀ ਹੈ ਜੋ ਲੜਕਿਆਂ ਨੂੰ ਦੇਸ਼ ਦਾ ਚੰਗਾ ਨਾਗਰਿਕ ਬਣਨ ਵਿੱਚ ਸਹਾਈ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਸਿਖਲਾਈ, ਰਹਿਣ-ਸਹਿਣ, ਮੈਸਿੰਗ, ਵਰਦੀਆਂ ਆਦਿ ਦਾ ਪੂਰਾ ਖ਼ਰਚਾ ਪੰਜਾਬ ਸਰਕਾਰ ਦੁਆਰਾ ਕੀਤਾ ਜਾਂਦਾ ਹੈ ਅਤੇ ਵਿਦਿਆਰਥੀਆਂ ਨੂੰ ਸਿਰਫ਼ ਸਕੂਲ ਫੀਸਾਂ ਦਾ ਹੀ ਭੁਗਤਾਨ ਕਰਨਾ ਪੈਂਦਾ ਹੈ ਜੋ ਬਹੁਤ ਜ਼ਿਆਦਾ ਸਬਸਿਡੀ ਵਾਲੀਆਂ ਹੁੰਦੀਆਂ ਹਨ।
ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਸੀ.ਬੀ.ਐਸ.ਈ. ਦੀ 11ਵੀਂ ਅਤੇ 12ਵੀਂ ਦੀ ਪੜ੍ਹਾਈ ਲਈ ਮੋਹਾਲੀ ਦੇ ਨਾਮਵਰ ਸਕੂਲ ਵਿੱਚ ਭੇਜਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸੰਸਥਾ ਤੋਂ ਹੁਣ ਤੱਕ ਐਨ.ਡੀ.ਏ./ਸੇਵਾ ਅਕੈਡਮੀਆਂ ਵਿੱਚ ਸ਼ਾਮਿਲ ਹੋਏ ਕੈਡਿਟਾਂ ਦੀ ਕੁੱਲ ਗਿਣਤੀ 238 ਹੈ, ਜਿਨ੍ਹਾਂ ਵਿਚੋਂ 160 ਕੈਡਿਟਾਂ ਨੂੰ ਭਾਰਤੀ ਆਰਮਡ ਫੋਰਸਿਜ਼ ਵਿੱਚ ਬਤੌਰ ਅਫ਼ਸਰਾਂ ਵਜੋਂ ਕਮਿਸ਼ਨਡ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸੰਸਥਾ ਦੀ ਸਫ਼ਲਤਾ ਦਰ ਪੂਰੇ ਦੇਸ਼ ਵਿੱਚ ਕਿਸੇ ਵੀ ਸੈਨਿਕ ਸਕੂਲ/ਮਿਲਟਰੀ ਸਕੂਲ/ਪ੍ਰਾਈਵੇਟ ਟ੍ਰੇਨਿੰਗ ਇੰਸਟੀਚਿਊਟ ਨਾਲੋਂ ਸਭ ਤੋਂ ਉਤੱਮ ਹੈ ਤੇ 47 ਕੈਡਿਟਾਂ ਵਲੋਂ ਐਨ.ਡੀ.ਏ. ਦੀ ਯੂ.ਪੀ.ਐਸ.ਸੀ. ਲਿਖਤੀ ਪ੍ਰੀਖਿਆ ਪਾਸ ਕੀਤੀ ਹੈ, ਜੋ ਕਿ ਸਾਰੇ ਭਾਰਤ ਵਿੱਚ ਸਰਵੋਤਮ ਹੈ।
ਉਨ੍ਹਾਂ ਸੀ.ਬੀ.ਐਸ.ਈ 10ਵੀਂ ਸਟੈਂਡਰਡ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਐਨ.ਡੀ.ਏ. ਵਿੱਚ ਜਾਣ ਦੇ ਇਸ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾ ਕੇ ਦੇਸ਼ ਸੇਵਾ ਲਈ ਅੱਗੇ ਆਉਣ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਸੰਸਥਾ ਦੀ ਵੈਬਸਾਈਟ www.afpipunjab.org ’ਤੇ ਸੰਪਰਕ ਕੀਤਾ ਜਾ ਸਕਦਾ ਹੈ।
———————

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top