ਜਲੰਧਰ:- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਗਰ ਨਿਗਮ ਅਤੇ ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਨਸ਼ੇ ਦੇ ਸਮੱਗਲਰ ਰਾਜਨ ਉਰਫ਼ ਨਾਜ਼ਰ ਵਾਸੀ ਬਾਬਾ ਬੁੱਢਾ ਜੀ ਨਗਰ (ਦਕੋਹਾ), ਜਲੰਧਰ ਵਲੋਂ ਉਸਾਰੀ ਗਈ ਗੈਰ ਕਾਨੂੰਨੀ ਉਸਾਰੀ ਨੂੰ ਢਾਹਿਆ ਗਿਆ ।
ਨਗਰ ਨਿਗਮ ਅਤੇ ਪੁਲਿਸ ਦੀਆਂ ਟੀਮਾਂ ਜਿਨਾਂ ਦੀ ਅਗਵਾਈ ਸਹਾਇਕ ਟਾਊਨ ਪਲੈਨਰ ਪੂਜਾ ਮਾਨ ਤੇ ਏ.ਸੀ.ਪੀ. ਸੈਂਟਰਲ ਨਿਰਮਲ ਸਿੰਘ ਵਲੋਂ ਕੀਤੀ ਗਈ, ਵਲੋਂ ਪੁਲਿਸ ਥਾਣਾ ਨੰਗਲ ਸ਼ਾਮਾ ਅਧੀਨ ਪੈਂਦੇ ਬਾਬਾ ਬੁੱਢਾ ਜੀ ਨਗਰ ਵਿਖੇ ਅਣ-ਅਧਿਕਾਰਤ ਉੁਸਾਰੀ ਨੂੰ ਢਾਹਿਆ ਗਿਆ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਏ.ਸੀ.ਪੀ. ਨਿਰਮਲ ਸਿੰਘ ਨੇ ਦੱਸਿਆ ਕਿ ਰਾਜਨ ਉਰਫ਼ ਨਾਜ਼ਰ, ਵਾਸੀ ਬਾਬਾ ਬੁੱਢਾ ਜੀ ਨਗਰ ਪਿਛਲੇ ਲੰਮੇ ਸਮੇਂ ਤੋਂ ਨਸ਼ਿਆਂ ਦੇ ਕਾਰੋਬਾਰ ਵਿੱਚ ਲਿਪਤ ਸੀ ਅਤੇ ਇਸ ਖਿਲਾਫ਼ ਐਨ.ਡੀ.ਪੀ.ਐਸ. ਅਤੇ ਆਬਕਾਰੀ ਐਕਟ ਤਹਿਤ ਪੰਜ ਐਫ.ਆਈ.ਆਰ.ਦਰਜ ਹੋ ਚੁੱਕੀਆਂ ਹਨ।
ਏ.ਸੀ.ਪੀ. ਨੇ ਅੱਗੇ ਦੱਸਿਆ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਜਲੰਧਰ ਨਗਰ ਨਿਗਮ ਪਾਸੋਂ ਸੂਚਨਾ ਪ੍ਰਾਪਤ ਹੋਈ ਸੀ ਕਿ ਨਸ਼ਿਆਂ ਦੇ ਧੰਦੇ ਵਿੱਚ ਸ਼ਾਮਿਲ ਨਸ਼ਾ ਸਮੱਗਰ ਵਲੋਂ ਇਕ ਗੈਰ-ਕਾਨੂੰਨੀ ਉਸਾਰੀ ਕੀਤੀ ਗਈ ਹੈ, ਜਿਸ ’ਤੇ ਕਾਰਵਾਈ ਕਰਦਿਆਂ ਨਗਰ ਨਿਗਮ ਅਥਾਰਟੀ ਵਲੋਂ ਪੁਲਿਸ ਬਲਾਂ ਦੀ ਹਾਜ਼ਰੀ ਵਿੱਚ ਇਸ ਨੂੰ ਢਾਹ ਦਿੱਤਾ ਗਿਆ।
ਏ.ਸੀ.ਪੀ. ਨੇ ਦੱਸਿਆ ਕਿ ਇਹ ਕਾਰਵਾਈ ਪੰਜਾਬ ਸਰਕਾਰ ਵਲੋਂ ਨਸ਼ਾ ਤਸਕਰਾਂ ਖਿਲਾਫ਼ ਜੀਰੋ ਟੋਲਰੈਂਸ ਨੀਤੀ ਨੂੰ ਅਪਣਾਉਂਦਿਆਂ ਕੀਤੀ ਗਈ ਹੈ ਅਤੇ ਅਜਿਹੇ ਸਖ਼ਤ ਕਦਮ ਨਸ਼ਾ ਤਸਕਰਾਂ ਖਿਲਾਫ਼ ਭਵਿੱਖ ਵਿੱਚ ਵੀ ਜਾਰੀ ਰਹਿਣਗੇ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨਾਂ ਦੇ ਧਿਆਨ ਵਿੱਚ ਨਸ਼ਿਆਂ ਦੇ ਕਾਰੋਬਾਰ ਸਬੰਧੀ ਕੋਈ ਗਤੀਵਿਧੀ ਆਉਂਦੀ ਹੈ ਤਾਂ ਇਸ ਸਬੰਧੀ ਪੁਲਿਸ ਨੂੰ ਇਤਲਾਹ ਦੇਕੇ ਨਸ਼ਿਆਂ ਖਿਲਾਫ਼ ਜੰਗ ਵਿੱਚ ਸਰਗਰਮ ਭੂਮਿਕਾ ਨਿਭਾਈ ਜਾਵੇ।
ਉਨ੍ਹਾਂ ਦੱਸਿਆ ਕਿ ਕੋਈ ਵੀ ਨਾਗਰਿਕ ਨਸ਼ਿਆਂ ਸਬੰਧੀ ਜਾਣਕਾਰੀ ਪੰਜਾਬ ਸਰਕਾਰ ਵਲੋਂ ਜਾਰੀ ਵਟਸਐਪ ਨੰਬਰ 9779-100-200 ’ਤੇ ਦੇ ਸਕਦਾ ਹੈ। ਉਨ੍ਹਾਂ ਭਰੋਸਾ ਦੁਆਇਆ ਕਿ ਨਸ਼ਿਆਂ ਸਬੰਧੀ ਜਾਣਕਾਰੀ ਦੇਣ ਵਾਲਿਆਂ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਬੱਚਿਆਂ ਅਤੇ ਖਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੋਂ ਜਾਣੂੰ ਕਰਵਾਉਣ ਅਤੇ ਉਹਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ। ਉਨ੍ਹਾਂ ਦੁਹਰਾਇਆ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਸ਼ਹਿਰ ਵਿੱਚ ਨਸ਼ਿਆਂ ਦੇ ਖਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
——————
